ਜਲੰਧਰ, 1 ਨਵੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਵਿਖੇ 4.30 ਕਰੋੜ ਰੁਪੈ ਦੇ ਸੜਕੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ। ਇਹਨਾਂ ਵਿਚ ਗੜ੍ਹਾ ਰੇਲਵੇ ਕਰਾਸਿੰਗ ਤੋਂ ਪਿਮਸ ਤੱਕ ਤੇ ਕਾਲਾ ਸੰਘਿਆ ਰੋਡ ਸ਼ਾਮਿਲ ਹਨ।
ਗੜ੍ਹਾ ਰੇਵਲੇ ਕਰਾਸਿੰਗ ਤੋਂ ਪਿਮਸ ਤੱਕ ਸੜਕ ਦੀ ਲੰਬਾਈ 0.75 ਕਿਲੋਮੀਟਰ ਹੈ, ਜਿਸ ਉੱਪਰ 2.50 ਕਰੋੜ ਰੁਪੈ ਖਰਚ ਹੋਣਗੇ। ਇਸ ਪ੍ਰਾਜੈਕਟ ਤਹਿਤ ਸੜਕ ਦੇ ਕਿਨਾਰੇ ਫੁੱਟਪਾਥ ਤੇ ਪਾਣੀ ਦੀ ਨਿਕਾਸੀ ਦੀ ਵਿਵਸਥਾ ਵੀ ਕੀਤੀ ਜਾਵੇਗੀ। ਕਾਲਾ ਸੰਘਿਆ ਸੜਕ ਜਿਸਦੀ ਲੰਬਾਈ 2 ਕਿਲੋਮੀਟਰ ਹੈ, ਉੱਪਰ 1.80 ਕਰੋੜ ਰੁਪੈ ਦੀ ਲਾਗਤ ਆਵੇਗੀ। ਦੱਸਣਯੋਗ ਹੈ ਕਿ ਸਰਫੇਸ ਵਾਟਰ ਪ੍ਰਾਜੈਕਟ ਤਹਿਤ ਇਨ੍ਹਾਂ ਸੜਕਾਂ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕਾਂ ਦਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣ ਤਾਂ ਜੋ ਲੋਕਾਂ ਦੇ ਪੈਸੇ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ, ਜਿਸ ਤਹਿਤ ਸਿੱਖਿਆ, ਸਿਹਤ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਦੇ ਚਹੁੰਪੱਖੀ ਵਿਕਾਸ ਲਈ ਨਗਰ ਨਿਗਮ ਵਲੋਂ ਵਿਆਪਕ ਯੋਜਨਾਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸੋਢੀ, ਨਗਰ ਨਿਗਮ ਦੇ ਕਮਿਸ਼ਨਰ ਰਿਸ਼ੀਪਾਲ ਸਿੰਘ ਤੇ ਹੋਰ ਹਾਜ਼ਰ ਸਨ।