ਜਲੰਧਰ, 18 ਜੂਨ :ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੁੰਦਿਆਂ ਜ਼ਿਲ੍ਹੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਡਿਪਟੀ ਕਮਿਸ਼ਨਰ ਨੇ ਪਤਨੀ ਡਾ. ਪ੍ਰੀਤ ਕੰਵਲ ਸਮੇਤ ਮੱਥਾ ਟੇਕਦਿਆਂ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਤਨਦੇਹੀ ਨਾਲ ਸੇਵਾ ਕਰਨ ਲਈ ਪ੍ਰਮਾਤਮਾ ਤੋਂ ਬਲ ਬਖਸ਼ਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਤੋਂ ਉਪਰ ਉੱਠ ਕੇ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਸ਼੍ਰੀ ਸਾਰੰਗਲ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਹਮੇਸ਼ਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
ਉਨ੍ਹਾਂ ਨੇ ਆਪਣੇ ਸ਼ਹਿਰ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਮਿਲਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਫਰਜ਼ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੀਆਂ ਜਾਇਜ਼ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਦਾ ਕਰਨ ਨੂੰ ਪਹਿਲੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਲਈ 24 ਘੰਟੇ ਉਪਲਬਧ ਰਹਿਣਗੇ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾ ਸਕੇ।