ਜਲੰਧਰ, 18 ਸਤੰਬਰ
ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਸੰਸਦ ਵਿੱਚ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰਕੇ ਸੰਸਦ ਨੂੰ ਸੌਂਪਿਆ ਸੀ, ਜਿਸ ਨੂੰ ਬਚਾਉਣ ਲਈ ਅੱਜ ਆਮ ਆਦਮੀ ਪਾਰਟੀ ਵਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਕਿਉਂਕਿ ਦੇਸ਼ ਲਈ ਕੁਰਬਾਨੀਆਂ ਦੇਣ ਲਈ ਪੰਜਾਬੀ ਵੱਧ-ਚੜ੍ਹ ਕੇ ਅੱਗੇ ਆਏ ਸਨ। ਸ੍ਰੀ ਰਿੰਕੂ ਸੰਵਿਧਾਨ ਸਭਾ ਦੇ ਨਿਰਮਾਣ ਤੋਂ ਲੈ ਕੇ ਹੁਣ ਤੱਕ ਦੇ 75 ਸਾਲਾਂ ਦੇ ਸਫ਼ਰ ਉਤੇ ਵਿਚਾਰ-ਚਰਚਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਸਦ ਭਵਨ ਨਹੀਂ ਹੈ ਬਲਕਿ ਦੇਸ਼ ਦੇ ਲੋਕਤੰਤਰ ਦਾ ਮੰਦਿਰ ਹੈ ਜਿਸ ਵਿੱਚ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਵਲੋਂ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ ਅਤੇ ਇਨ੍ਹਾਂ ਮਹਾਨ ਲੋਕਾਂ ਦੀ ਮੌਜੂਦਗੀ ਇਸ ਸਦਨ ਵਿੱਚ ਮਹਿਸੂਸ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਵਿਧਾਨ ਅਤੇ ਲੋਕਤੰਤਰ ਨੂੰ ਬਰਕਰਾਰ ਰੱਖਣ ਲਈ ਅਗੇ ਵੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਵਲੋਂ ਆਪਣਾ ਸਾਰਾ ਭਾਸ਼ਣ ਪੰਜਾਬੀ ਭਾਸ਼ਾ ਵਿੱਚ ਹੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ‘ਅਨੇਕਤਾ ਵਿੱਚ ਏਕਤਾ’ ਹੀ ਸਾਡੇ ਦੇਸ਼ ਦਾ ਮੂਲ ਮੰਤਰ ਹੈ ਜੋ ਕਿ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਅਤੇ ਤੋੜਨ ਦੀਆਂ ਕੋਸ਼ਿਸ਼ਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੋਣਗੀਆਂ ਅਤੇ ਲੋਕਤੰਤਰ ਨੂੰ ਦਬਾਉਣ ਲਈ ਕੀਤੇ ਜਾਣ ਵਾਲੇ ਯਤਨਾਂ ਖਿਲਾਫ਼ ਉਹ ਆਪਣੀ ਅਵਾਜ਼ ਬੁਲੰਦ ਕਰਦੇ ਰਹਿਣਗੇ।
—————-