ਲੁਧਿਆਣਾ, 5 ਅਗਸਤ : ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ‘ਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ‘ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਬੈਕਫਿੰਕੋ ਪੰਜਾਬ ਸਰਕਾਰ ਦੇ ਸਾਬਕਾ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਦੀ ਅਗਵਾਈ ਹੇਠ ਸਥਾਨਕ ਜਮਾਲਪੁਰ ਵਿੱਖੇ ਲੱਡੂ ਵੰਡ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ।
ਇਸ ਮੌਕੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਹੰਮਦ ਗੁਲਾਬ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਇਹ ਜਿੱਤ ਸਿਰਫ਼ ਰਾਹੁਲ ਗਾਂਧੀ ਜਾਂ ਉਨ੍ਹਾਂ ਦੇ ਪਰਿਵਾਰ ਦੀ ਨਹੀਂ ਸਗੋਂ ਸਮੁੱਚੇ ਭਾਰਤੀ ਲੋਕਾਂ ਅਤੇ ਲੋਕਤੰਤਰ ਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ ‘ਤੇ ਕਾਬਜ਼ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ‘ਚ ਰਾਹੁਲ ਗਾਂਧੀ ਦੀ ਵਧਦੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ ਅਤੇ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਸੀ ਪਰ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾਕੇ ਉਨ੍ਹਾਂ ਦੀਆਂ ਯੋਜਨਾਵਾਂ ‘ਤੇ ਪਾਣੀ ਫੇਰ ਦਿੱਤਾ ਹੈ । ਮੁਹੰਮਦ ਗੁਲਾਬ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਸ ਫੈਸਲੇ ਤੋਂ ਬਾਅਦ ਹੁਣ ਰਾਹੁਲ ਗਾਂਧੀ ਦੀ ਬਤੌਰ ਸਾਂਸਦ, ਲੋਕ ਸਭਾ ਵਿੱਚ ਵਾਪਸੀ ਹੋਵੇਗੀ ਅਤੇ ਸ੍ਰੀ ਗਾਂਧੀ ਇੱਕ ਵਾਰ ਫਿਰ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨਗੇ । ਉਨ੍ਹਾਂ ਕਿਹਾ ਕਿ ਹੁਣ ਸਾਰੇ ਕਾਂਗਰਸੀ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਕਮਰ ਕੱਸ ਲੈਣੀ ਚਾਹੀਦੀ ਹੈ ਤਾਂ ਜੋ ਵਿਰੋਧੀ ਧਿਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਇਸ ਮੌਕੇ ਅਰਸ਼ੀ ਆਲਮ, ਵਿਸ਼ਾਲ ਕੁਮਾਰ, ਅਲੀ ਮੁਹੰਮਦ, ਹੀਰਾ ਲਾਲ, ਮੁਹੰਮਦ ਜਮੀਲ, ਸੰਦੀਪ ਕੁਮਾਰ, ਸੰਨੀ ਕੁਮਾਰ ਆਦਿ ਹਾਜ਼ਰ ਸਨ।
Share this content: