ਜਲੰਧਰ, 18 ਅਗਸਤ
ਜਲੰਧਰ ਜਿਲ੍ਹੇ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵਲੋਂ ਬਣਾਏ ਜਾ ਰਹੇ ਫਲਾਈਓਵਰਾਂ ਦੇ ਇਕ ਪਾਸੇ ਤੋਂ ਦੂਜੇ ਪਾਸੇ ਪਾਣੀ ਦੀ ਨਿਰਵਿਘਨ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਸਬੰਧਿਤ ਐਸ.ਡੀ.ਐਮਜ਼ ਦੀ ਅਗਵਾਈ ਵਿੱਚ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਲੋਂ ਜ਼ਿਲ੍ਹੇ ਦੀਆਂ ਸੜਕਾਂ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਸੁਧਾਰ ਲਿਆਉਣ ਸਬੰਧੀ 15 ਦਿਨਾਂ ਦੇ ਵਿੱਚ-ਵਿੱਚ ਰਿਪੋਰਟ ਪੇਸ਼ ਕੀਤੀ ਜਾਵੇਗੀ।
ਇਸ ਚਾਰ ਮੈਂਬਰੀ ਕਮੇਟੀ ਵਿੱਚ ਐਸ.ਡੀ.ਐਮ. ਦੇ ਨਾਲ ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਤੇ ਕਾਰਜਕਾਰੀ ਇੰਜੀਅਰ ਤੇ ਡਰੇਨੇਜ਼ ਵਿਭਾਗ ਦੇ ਉਪ ਮੰਡਲ ਅਫ਼ਸਰ ਨੂੰ ਸ਼ਾਮਿਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਇਹ ਕਾਰਵਾਈ ਸੜਕਾਂ ਉਤੇ ਖਾਸ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੜਕਾਂ ਉਤੇ ਪਾਣੀ ਭਰ ਜਾਣ ਸਬੰਧੀ ਧਿਆਨ ਵਿੱਚ ਆਉਣ ਕਰਕੇ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਐਚ.ਏ.ਆਈ. ਵਲੋਂ ਵੱਖ-ਵੱਖ ਪ੍ਰੋਜੈਕਟਾਂ ਤਹਿਤ ਫਲਾਈ ਓਵਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਸੁਚਾਰੂ ਡਰੇਨੇਜ਼ ਪ੍ਰਣਾਲੀ ਹੋਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਫਲਾਈਓਵਰ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਅੜਿੱਕਾ ਨਾ ਬਣਨ।
ਉਨ੍ਹਾਂ ਕਿਹਾ ਕਿ ਇਸ ਕਮੇਟੀ ਵਲੋਂ ਹਾਈਵੇਅ ਉਤੇ ਨਿਰਮਾਣ ਅਧੀਨ ਪ੍ਰੋਜੈਕਟਾਂ ਦਾ ਫੀਲਡ ਵਿੱਚ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ 15 ਦਿਨਾਂ ਵਿੱਚ-ਵਿੱਚ ਡਿਜ਼ਾਇਨ ਵਿੱਚ ਕੋਈ ਕਮੀ ਹੈ ਤਾਂ ਉਸ ਵਿੱਚ ਸੁਧਾਰ ਲਿਆਉਣ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਜੋ ਇਸ ’ਤੇ ਤੁਰੰਤ ਕਾਰਵਾਈ ਕਰਕੇ ਹਾਈਵੇਅ ’ਤੇ ਪਾਣੀ ਦੇ ਇਕ ਪਾਸੇ ਤੋਂ ਦੂਜੇ ਪਾਸੇ ਨਿਰਵਿਘਨ ਜਾਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਸਕਣ।
ਉਨ੍ਹਾਂ ਦੱਸਿਆ ਕਿ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧੀ ਸਾਰੀਆਂ ਸਬੰਧਿਤ ਧਿਰਾਂ ਜਿਵੇਂ ਕਿਸਾਨਾਂ, ਪਿੰਡ ਵਾਸੀਆਂ ਅਤੇ ਹੋਰਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਸੁਝਾਅ ਵੀ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਰਿਪੋਰਟ ਸੂਬਾ ਸਰਕਾਰ ਅਤੇ ਐਨ.ਐਚ.ਏ.ਆਈ. ਨੂੰ ਵੀ ਭੇਜੀ ਜਾਵੇਗੀ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਆ ਰਹੀਆਂ ਅੜਚਨਾਂ ਨੂੰ ਤੁਰੰਤ ਦੂਰ ਕੀਤਾ ਜਾ ਸਕੇ ਅਤੇ ਭਵਿੱਖ ਵਿੱਚ ਪ੍ਰੋਜੈਕਟ ਕਰਕੇ ਪਾਣੀ ਦੀ ਨਿਕਾਸੀ ਸਬੰਧੀ ਕੋਈ ਸਮੱਸਿਆ ਪੈਦਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਆਲੇ-ਦੁਆਲੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਸੜਕਾਂ ਖ਼ਰਾਬ ਹੋ ਜਾਂਦੀਆਂ ਹਨ ਜੋ ਕਿ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਵਿੱਚ ਰੁਕਾਵਟ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਵਿਸ ਸੜਕਾਂ ’ਤੇ ਵੀ ਪਾਣੀ ਦੀ ਸੁਚੱਜੀ ਨਿਕਾਸੀ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
Share this content: