ਜਲੰਧਰ, 24 ਸਤੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦਾ ਸੱਦਾ ਦਿੱਤਾ।
ਅੱਜ ਇਥੇ ਲਾਂਬੜਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੁਦਰਤੀ ਸੋਮਿਆਂ ਦੀ ਸੰਭਾਲ ਦੇ ਨਾਲ-ਨਾਲ ਕਿਸਾਨਾਂ ਦੀ ਬਿਹਤਰੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕ੍ਰਾਂਤੀਕਾਰੀ ਫੈਸਲਾ ਲਿਆ। ਝੋਨੇ ਦੇ ਬਦਲ ਵਜੋਂ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਬਾਸਮਤੀ, ਮੱਕੀ ਅਤੇ ਨਰਮੇ ਦੀ ਖੇਤੀ ਲਈ ਵਿਸ਼ੇਸ਼ ਉਪਰਾਲੇ ਕੀਤੇ। ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਪਿਛਲੇ ਸਾਲ ਤੋਂ 1500 ਰੁਪਏ ਪ੍ਰਤੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ।
ਜ਼ਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ 50 ਤੋਂ 80 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀ ਇਨਪੁਟਸ ਆਦਿ ਤਰਜ਼ੀਹ ’ਤੇ ਦਿਵਾਉਣ ਦਾ ਭਰੋਸਾ ਵੀ ਦਿਵਾਇਆ।
ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ 100 ਤੋਂ ਵੱਧ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਅਗਾਂਗਵਧੂ ਕਿਸਾਨਾਂ ਦੇ ਨਕਸ਼-ਏ-ਕਦਮਾਂ ’ਤੇ ਚੱਲਦਿਆਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਸ ਦੌਰਾਨ ਮੰਤਰੀ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ, ਜਿਨ੍ਹਾਂ ਵਿੱਚ ਐਕਸੀਅਨ ਪੀ.ਪੀ.ਸੀ.ਬੀ. ਸੰਦੀਪ ਕੁਮਾਰ, ਖੇਤੀਬਾੜੀ ਵਿਭਾਗ ਤੋਂ ਇੰਜ. ਨਵਦੀਪ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਰਣਜੀਤ ਚੌਹਾਨ ਅਤੇ ਜਗਤਾਰ ਸਿੰਘ ਸ਼ਾਮਲ ਹਨ।
ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਕੈਂਪ ਵਿੱਚ ਪਹੁੰਚਣ ’ਤੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਰਾਂ ਵੱਲੋਂ ਮੌਜੂਦ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਵੀ ਦਿੱਤੀ ਗਈ।
ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਵੱਖ-ਵੱਖ ਬਲਾਕਾਂ ਤੋਂ 1500 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ, ਜਿਸ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂਪਾਲਣ, ਮੱਛੀ ਪਾਲਣ, ਪਾਣੀ ਤੇ ਭੂਮੀ ਸੰਭਾਲ, ਇਫਕੋ, ਕੇ.ਵੀ.ਕੇ. ਨੂਰਮਹਿਲ, ਸੈਲਫ ਹੈਲਪ ਗਰੁੱਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਮੌਕੇ ’ਤੇ ਤਕਨੀਕੀ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਉਪਜਾਂ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ ।
Share this content: