ਜਲੰਧਰ, 1 ਨਵੰਬਰ
ਸੜਕ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਪਰਾਲੇ ਵਜੋਂ ਲੀਡ ਏਜੰਸੀ, ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ ਵੱਲੋਂ ਬੁੱਧਵਾਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਵੱਖ-ਵੱਖ ਭਾਗੀਦਾਰ ਵਿਭਾਗਾਂ ਦੇ ਅਧਿਕਾਰੀਆਂ ਲਈ ਸੜਕ ਸੁਰੱਖਿਆ ਉਪਾਵਾਂ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਡਾਇਰੈਕਟਰ ਜਨਰਲ ਲੀਡ ਏਜੰਸੀ ਰੋਡ ਸੇਫਟੀ ਆਰ. ਵੈਂਕਟਰਤਨਮ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਦੀ ਮੌਜੂਦਗੀ ਵਿੱਚ ਸੂਬੇ ’ਚ ਸੜਕ ਹਾਦਸਿਆਂ ਦੀ ਰੋਕਥਾਮ ਲਈ ਹਰ ਸੰਭਵ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਬਾਰੇ ਸੁਪਰੀਮ ਕੋਰਟ ਕਮੇਟੀ ਦੇ ਨਿਰਦੇਸ਼ਾਂ ਤਹਿਤ ਲੀਡ ਏਜੰਸੀ, ਪੀਐਸਆਰਐਸਸੀ ਵੱਲੋਂ ਸੜਕ ਸੁਰੱਖਿਆ ਉਪਾਵਾਂ ਬਾਰੇ ਜ਼ਿਲ੍ਹਾ ਪੱਧਰੀ ਟ੍ਰੇਨਿੰਗਾਂ ਦੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੀਡ ਏਜੰਸੀ ਵੱਲੋਂ ਹਾਲ ਹੀ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਉਪਾਵਾਂ ਲਈ ਸੜਕ ਸੁਰੱਖਿਆ ਕਮੇਟੀਆਂ ਨੂੰ 4.05 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦਾ ਉਦੇਸ਼ ਸੀ.ਐਫ.ਡੀ.ਐਲ. ਸਕੀਮ ਤਹਿਤ ਜਾਰੀ ਗ੍ਰਾਂਟ ਦੀ ਵਰਤੋਂ ਕਰਨ ਲਈ ਵੱਖ-ਵੱਖ ਭਾਗੀਦਾਰ ਵਿਭਾਗਾਂ ਦੀ ਸਮਰੱਥਾ ਨਿਰਮਾਣ ਤੇ ਵਿਕਾਸ ਕਰਨਾ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘੱਟੋ-ਘੱਟ 50 ਫੀਸਦੀ ਤੱਕ ਘਟਾਇਆ ਜਾ ਸਕੇ।
ਉਨਾਂ ਕਿਹਾ ਕਿ ਦਿਨ-ਬ-ਦਿਨ ਵਧ ਰਹੀ ਟ੍ਰੈਫਿਕ ਦੇ ਸੁਚਾਰੂ ਸੰਚਾਲਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਲਈ ਸਮੇਂ-ਸਮੇਂ ’ਤੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਬਚਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਅੱਜ ਕਰਵਾਈ ਗਈ ਟ੍ਰੇਨਿੰਗ ਵਿੱਚ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਟ੍ਰੈਫਿਕ ਪੁਲਿਸ, ਲੋਕ ਨਿਰਮਾਣ, ਟਰਾਂਸਪੋਰਟ, ਸਿਹਤ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ ਸਮੇਤ ਵੱਖ-ਵੱਖ ਭਾਗੀਦਾਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਰੋਪੜ ਤੋਂ ਸਿਵਲ ਇੰਜਨੀਅਰ ਡਾ. ਰਾਹੁਲ ਨੇ ਸੜਕ ਸੁਰੱਖਿਆ ਦੇ ਇੰਜਨੀਅਰਿੰਗ ਪਹਿਲੂਆਂ ਅਤੇ ਐਸ.ਡੀ.ਈ. ਪੀ.ਡਬਲਯੂ.ਡੀ. ਕੀਰਤ ਧਨੋਆ ਨੇ ਮੌਤ ਦਰ ਨੂੰ 50 ਫੀਸਦੀ ਤੱਕ ਘਟਾਉਣ ਲਈ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਉਪਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਟੀ.ਆਰ.ਆਈ.ਪੀ. ਸੈਂਟਰ, ਆਈ.ਆਈ.ਟੀ. ਕੈਂਪਸ ਨਵੀਂ ਦਿੱਲੀ ਤੋਂ ਪ੍ਰੋ. ਗਿਰੀਸ਼ ਅੱਗਰਵਾਲ ਨੇ ਆਵਾਜਾਈ ਪ੍ਰਬੰਧਨ, ਸੁਰੱਖਿਅਤ ਵਾਹਨ, ਟ੍ਰੈਫਿਕ ਨਿਯਮਾਂ, ਡਰਾਈਵਿੰਗ ਲਾਇਸੈਂਸ, ਇਨਫੋਰਸਮੈਂਟ ਆਦਿ ਬਾਰੇ ਜਾਣੂ ਕਰਵਾਇਆ। ਜਦਕਿ ਪਿਮਸ, ਜਲੰਧਰ ਤੋਂ ਐਸੋਸੀਏਟ ਪ੍ਰੋ. ਡਾ. ਅੰਕੁਰ ਹਸਤੀਰ ਵੱਲੋਂ ਸੜਕ ਸੁਰੱਖਿਆ ਵਿੱਚ ਐਮਰਜੈਂਸੀ ਦੇਖਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਭਾਗੀਦਾਰ ਜ਼ਿਲ੍ਹਿਆਂ ਤੋਂ ਆਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Share this content: