ਚੰਡੀਗੜ੍ਹ, 14 ਅਪ੍ਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਵੀ ਬਾਕੀ ਹਨ।
ਦੀਪਕ ਬਾਲੀ ਨੇ ਕਿਹਾ, “ਬਾਜਵਾ ਸਾਹਿਬ ਤੁਹਾਡੇ ਕੋਲ ਇਨ੍ਹਾਂ ਬੰਬਾਂ ਨੂੰ ਨਸ਼ਟ ਕਰਵਾ ਕੇ ਪੰਜਾਬ ਨੂੰ ਬਚਾਉਣ ਦਾ ਇਕ ਮੌਕਾ ਹੈ। ਪਰ ਇਹ ਬਹੁਤ ਮੰਦਭਾਗਾ ਹੈ ਕਿ ਮੀਡੀਆ ਕੋਲ ਜਾਣ ਲਈ ਤੁਹਾਡੇ ਕੋਲ ਘੰਟੇ ਹਨ, ਪਰ ਇਸ ਮਹੱਤਵਪੂਰਨ ਕੰਮ ਲਈ ਸਮਾਂ ਹੀ ਨਹੀਂ ਹੈ,”।
ਉਨ੍ਹਾਂ ਕਿਹਾ ਕਿ ਤੁਹਾਡਾ ਉਦੇਸ਼ ਸਿਰਫ਼ ਮੀਡੀਆ ਵਿੱਚ ਬਣੇ ਰਹਿਣਾ ਹੈ। ਤੁਹਾਨੂੰ ਨਹੀਂ ਪਤਾ ਕਿ ਇਸ ਦਾ ਪੰਜਾਬ ਦੇ ਲੋਕਾਂ ‘ਤੇ ਕੀ ਪ੍ਰਭਾਵ ਪਵੇਗਾ। ਜੇਕਰ ਤੁਸੀਂ ਸੱਚਮੁੱਚ ਪੰਜਾਬ ਬਾਰੇ ਚਿੰਤਤ ਹੋ ਤਾਂ ਤੁਹਾਡੇ ਕੋਲ ਜੋ ਵੀ ਜਾਣਕਾਰੀ ਹੈ, ਤੁਰੰਤ ਪੁਲਿਸ ਨੂੰ ਦਿਓ ਅਤੇ ਉਨ੍ਹਾਂ ਦੀ ਜਾਂਚ ਕਰਵਾਓ। ਤੁਹਾਨੂੰ ਪੁਲਿਸ ਨੂੰ ਜਾਣਕਾਰੀ ਦੇਣ ਵਿੱਚ ਕੀ ਸਮੱਸਿਆ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ। ਇਹ ਗ੍ਰਨੇਡ ਜਾਨ-ਮਾਲ ਦਾ ਵੱਡਾ ਨੁਕਸਾਨ ਕਰ ਸਕਦੇ ਹਨ ਅਤੇ ਸਿਰਫ਼ ਪੁਲਿਸ ਹੀ ਇਸ ਦਾ ਹੱਲ ਲੱਭ ਸਕਦੀ ਹੈ। ਇਸ ਲਈ, ਜੇਕਰ ਪੁਲਿਸ ਨੇ ਤੁਹਾਨੂੰ ਪੁੱਛਗਿੱਛ ਲਈ ਬੁਲਾਇਆ ਹੈ, ਤਾਂ ਤੁਹਾਨੂੰ ਤੁਰੰਤ ਜਾਣਾ ਚਾਹੀਦਾ ਹੈ ਅਤੇ ਸਾਰੀ ਜਾਣਕਾਰੀ ਦੇਣੀ ਚਾਹੀਦੀ ਹੈ। ਪਰ ਪੁਲਿਸ ਕੋਲ ਜਾਣ ਦੀ ਬਜਾਏ, ਤੁਸੀਂ ਵਕੀਲ ਕੋਲ ਗਏ।
ਬਾਲੀ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਕੇ ਪੰਜਾਬ ਦੇ ਲੋਕਾਂ ਦੀ ਸ਼ੰਕਾ ਨੂੰ ਦੂਰ ਕਰਨਾ ਚਾਹੀਦਾ ਹੈ। ਪਰ ਉਨ੍ਹਾਂ ਦੀ ਹਰਕਤਾਂ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਉਸ ਦੇ ਲੋਕਾਂ ਦੀ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਨੂੰ ਸਿਰਫ਼ ਮੀਡੀਆ ਵਿੱਚ ਬਣੇ ਰਹਿਣ ਦੀ ਚਿੰਤਾ ਹੈ।
‘ਆਪ’ ਆਗੂ ਨੇ ਕਿਹਾ ਕਿ ਬਾਜਵਾ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ ਅਤੇ ਜਦੋਂ ਵੀ ਸੂਬੇ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਵੇ, ਤਾਂ ਉਨ੍ਹਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
Share this content: