ਪੇਪਰ ਲੀਕ ਅਤੇ ਭਰਤੀ ਪ੍ਰਕਿਰਿਆ ਨਾਲ ਜੁੜੀਆਂ ਬੇਨਿਯਮੀਆਂ ਕਾਰਨ ਕਈ ਨੌਜਵਾਨਾਂ ਉੱਤੇ ਮਾਨਸਿਕ ਦਬਾਅ ਵਧਿਆ

0
6

ਕਪੂਰਥਲਾ, 24 ਜੁਲਾਈ: ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਕਪੂਰਥਲਾ ਦੇ ਡਿਪਟੀ ਸਕੱਤਰ ਹਰਿੰਦਰ ਸਿੰਘ ਚੀਮਾ ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਦੇਸ਼ ਭਰ ਵਿੱਚ 152 ਤੋਂ ਵੱਧ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਅਤੇ ਭਰਤੀ ਪ੍ਰਕਿਰਿਆ ਨਾਲ ਜੁੜੀਆਂ ਬੇਨਿਯਮੀਆਂ ਕਾਰਨ ਕਈ ਨੌਜਵਾਨਾਂ ਉੱਤੇ ਮਾਨਸਿਕ ਦਬਾਅ ਵਧਿਆ ਹੈ, ਅਤੇ ਇਸ ਸੰਦਰਭ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਆਤਮਹੱਤਿਆਵਾਂ ਦਰਜ ਹੋ ਚੁੱਕੀਆਂ ਹਨ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਉਚਿਤ ਨਹੀਂ ਸੀ ਅਤੇ ਇਸ ਮਾਮਲੇ ਦੀ ਸਮੀਖਿਆ ਹੋਣੀ ਚਾਹੀਦੀ ਹੈ ਤੇ ਅਸੀ ਇਸ ਦੀ ਦੀ ਘੋਰ ਨਿੰਦਾ ਕਰਦੇ ਹਾਂ। ਉਨ੍ਹਾਂ ਮੰਗ ਕੀਤੀ ਕਿ ਜੂਨ ਮਹੀਨੇ ਤੱਕ ਪੇਪਰ ਲੀਕ ਅਤੇ ਭਰਤੀ ਪ੍ਰਣਾਲੀ ਨਾਲ ਜੁੜੇ ਤਣਾਅ ਕਾਰਨ ਆਤਮਹੱਤਿਆ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਲਈ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਦਿਆਂ ਸਬੰਧਤ ਮੰਤਰੀ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਫਾਰਮੇਸੀ ਭਰਤੀ ਦੀ ਪ੍ਰੀਖਿਆ ਤੁਰੰਤ ਰੱਦ ਕਰਕੇ ਇਸ ਨੂੰ ਪੂਰੀ ਪਾਰਦਰਸ਼ਤਾ ਨਾਲ ਮੁੜ ਕਰਵਾਇਆ ਜਾਵੇ ਅਤੇ ਪੇਪਰ ਲੀਕ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਆਗੂਆਂ ਨੇ ਖੰਨਾ ਵਿੱਚ ਮਨਰੇਗਾ ਮਜ਼ਦੂਰਾਂ ਅਤੇ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਸੰਵਾਦ ਰਾਹੀਂ ਮਸਲੇ ਹੱਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦੇ ਅਨੁਸਾਰ, ਸਰਕਾਰ ਨੂੰ ਬਲ ਦੀ ਥਾਂ ਗੱਲਬਾਤ ਅਤੇ ਸਮਝੌਤੇ ਦੇ ਰਾਹ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਜੇਕਰ ਸਰਕਾਰਾਂ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਦੀਆਂ ਰਹੀਆਂ, ਤਾਂ ਲੋਕਤੰਤਰਿਕ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਜਾਰੀ ਕਰਤਾ:

ਹਰਿੰਦਰ ਸਿੰਘ ਚੀਮਾ
ਡਿਪਟੀ ਸਕੱਤਰ, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਕਪੂਰਥਲਾ

Share this content:

LEAVE A REPLY

Please enter your comment!
Please enter your name here