ਜਲੰਧਰ :
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਕਰੀਬ 10.84 ਲੱਖ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ 78 ਰੈਗੂਲਰ ਮੰਡੀਆਂ ਨੂੰ ਖ਼ਰੀਦ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ।
ਹੁਣ ਤੱਕ ਮੰਡੀਆਂ ਵਿੱਚ ਕੁੱਲ 195496 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ , ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 194628 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ| ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦੇ ਝੋਨੇ ਦੀ 490 ਕਰੋੜ ਦੀ ਅਦਾਇਗੀ ਹੋ ਚੁੱਕੀ ਹੈ |
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਲਈ ਨਮੀ ਦੀ ਹੱਦ 17 ਪ੍ਰਤੀਸ਼ਤ ਮਿੱਥੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਅਤੇ ਮੰਡੀ ਵਿੱਚ ਲਿਆਉਣ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਹਾਰਵੈਸਟਰਾਂ ਦੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਗਿੱਲੇ ਝੋਨੇ ਦੀ ਵਾਢੀ ਨਾ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਨਾਲ ਉਨ੍ਹਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਹੋ ਸਕੇਗੀ ਅਤੇ ਉਨ੍ਹਾਂ ਨੂੰ ਜ਼ਿਆਦਾ ਦੇਰ ਮੰਡੀਆਂ ਵਿੱਚ ਬੈਠਣਾ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਸੁੱਕਾ ਝੋਨਾ ਆਉਣ ਨਾਲ ਫ਼ਸਲ ਦੀ ਲਿਫ਼ਟਿੰਗ ਵਿੱਚ ਵੀ ਤੇਜ਼ੀ ਆਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੂੰ ਇਸ ਸਬੰਧੀ ਆੜ੍ਹਤੀਆਂ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਬਚਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
————————
Share this content:


