ਜਲੰਧਰ, 12 ਨਵੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.)-2027 ਤਹਿਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਜਲੰਧਰ ਜ਼ਿਲ੍ਹੇ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ। ਇਸ ਮੌਕੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀਆਂ ਕਾਪੀਆਂ ਅਤੇ ਬਿਨਾਂ ਫੋਟੋ ਵੋਟਰ ਸੂਚੀ ਦੀ ਸੀ.ਡੀ. ਸੌਂਪੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸ਼ਡਿਊਲ ਬਾਰੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ 11 ਦਸੰਬਰ 2026 ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 1525450 ਵੋਟਰ ਹਨ, ਜਿਨ੍ਹਾਂ ਵਿੱਚ 778194 ਪੁਰਸ਼, 747203 ਮਹਿਲਾ ਤੇ 53 ਥਰਡ ਜੈਂਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਯੋਗ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕ ਯੋਗਤਾ ਮਿਤੀ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ ਕਰਨ ਵਾਲੇ ਹਨ, ਉਹ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰਤ ਵੋਟਰ ਸੇਵਾਵਾਂ ਪੋਰਟਲ voters.eci.gov.in ਰਾਹੀਂ ਫਾਰਮ-6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਦਰੁੱਸਤੀ ਜਾਂ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਰਾਹੀਂ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਦੇ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਰਾਹੀਂ ਆਨਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ) ਪ੍ਰਕਿਰਿਆ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਐਸ.ਡੀ.ਐਮ. ਜਲੰਧਰ-1 ਉਪਿੰਦਰਜੀਤ ਕੌਰ ਬਰਾੜ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
Share this content:


