ਜਲੰਧਰ, 17 ਨਵੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਦੇ ਉਦੇਸ਼ ਨਾਲ 22 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਬਾਈਕ ਰੈਲੀ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਰੈਲੀ ਦੇ ਸੁਚਾਰੂ ਸੰਚਾਲਨ, ਆਵਾਜਾਈ ਪ੍ਰਬੰਧਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਾਮਬੰਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਬਾਈਕ ਰੈਲੀ ਤੋਂ ਪਹਿਲਾਂ ਨਸ਼ਿਆਂ ਦੇ ਹਾਟਸਪਾਟ ਖੇਤਰਾਂ ਵਿੱਚ ਜਾਗਰੂਕਤਾ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਾਈਕ ਰੈਲੀ ਨੂੰ ਸ਼ਹਿਰ ਦੇ ਬਰਲਟਨ ਪਾਰਕ ਤੋਂ ਰਵਾਨਾ ਕੀਤਾ ਜਾਵੇਗਾ।
ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਈਕ ਰੈਲੀ ਦੌਰਾਨ ਸੁਰੱਖਿਆ, ਆਵਾਜਾਈ ਪ੍ਰਬੰਧਾਂ, ਲੋੜੀਂਦੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਏ ਜਾਣ ਤਾਂ ਜੋ ਇਸ ਜਾਗਰੂਕਤਾ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ, ਖਾਸ ਕਰ ਨੌਜਵਾਨਾਂ ਨੂੰ ਇਸ ਬਾਈਕ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਐਸ.ਡੀ.ਐਮ. ਜਲੰਧਰ-1 ਉਪਿੰਦਰਜੀਤ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ, ਸ਼ਾਲੀਨ ਮਿੱਤਰਾ, ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਰਡੀਨੇਟਰ ਸ਼ਹਿਰੀ ਸ਼ੈਂਕੀ ਭਗਤ, ਦਲਜੀਤ ਸਿੰਘ, ਨਿਸ਼ਚੇ ਵੀ ਮੌਜੂਦ ਸਨ।
Share this content:


