ਜਲੰਧਰ, 18 ਨਵੰਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ‘ਮਿਸ਼ਨ ਰਫ਼ਤਾਰ’ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ,ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ(ਜਲੰਧਰ ਟੈਕ ਫੇਅਰ 2026-27) ਕਰਵਾਇਆ ਗਿਆ। ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਇਸ ਮੌਕੇ ਪ੍ਰਦਰਸ਼ਨੀ ਦਾ ਨਿਰੀਖਣ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ,ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਤੇ ਦੂਰਅੰਦੇਸ਼ੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਕ੍ਰਾਂਤੀਕਾਰੀ ਪਹਿਲਕਦਮੀਆਂ ਅਪਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਸਮਾਜ ਮਿਆਰੀ ਸਕੂਲੀ ਸਿੱਖਿਆ ਤੋਂ ਬਗੈਰ ਪ੍ਰਗਤੀ ਨਹੀਂ ਕਰ ਸਕਦਾ।
ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਰੋਜ਼ਾਨਾ ਦੀਆਂ ਨਾਗਰਿਕ ਅਤੇ ਘਰੇਲੂ ਸਮੱਸਿਆਵਾਂ ਦੇ ਹੱਲ ਲਈ ਅਤਿ ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ(ਏ.ਆਈ) ਮਾਡਲ ਪ੍ਰਦਰਸ਼ਿਤ ਕੀਤੇ ਗਏ, ਜਿਸ ਵਿੱਚ ਸਮਾਰਟ ਸੁਰੱਖਿਆ ਵਿਵਸਥਾਵਾਂ, ਆਟੋਮੇਟਿਡ ਪਾਰਕਿੰਗ ਹੱਲ ਅਤੇ ਨਗਰ ਨਿਗਮਾਂ ਵਿੱਚ ਦੂਸ਼ਿਤ ਪਾਣੀ ਦਾ ਪਤਾ ਲਗਾਉਣ ਅਤੇ ਇਸ ਨੂੰ ਰੋਕਣਾ ਆਦਿ ਸ਼ਾਮਿਲ ਹੈ। ਵਿਦਿਆਰਥੀਆਂ ਦੀ ਸਿਆਣਪ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲ ਪੱਧਰ ’ਤੇ ਅਜਿਹਾ ਵਿਗਿਆਨਿਕ ਮਾਹੌਲ ਪੈਦਾ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਵਿੱਖ ਵਿੱਚ ਨਵੀਨਤਮ ਹੁਨਰਾਂ ਨਾਲ ਲੈਸ ਕਰੇਗਾ। ਉਨ੍ਹਾਂ ਕਿਹਾ ਕਿ ਏ.ਆਈ.ਨੂੰ ਸਿੱਖਣ ਵੱਲ ਧਿਆਨ ਕੇਂਦਰਿਤ ਕਰਨ ਨਾਲ ਨੌਜਵਾਨਾਂ ਨੂੰ ਨੌਕਰੀਆਂ ਦੀ ਤਲਾਸ਼ ਕਰਨ ਦੀ ਬਜਾਏ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਇਕ ਪ੍ਰਭਾਵੀ ਬਦਲ ਮੁਹੱਈਆ ਕਰਵਾਏਗਾ।
ਆਰਟੀਫੀਸ਼ੀਅਲ ਤਕਨਾਲੌਜੀ ਦੀ ਸੰਭਾਵੀ ਦੁਰਵਰਤੋਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਤਕਨਾਲੌਜੀ ਦੇ ਸਕਰਾਤਮਕ ਅਤੇ ਨਕਰਾਤਮਕ ਪੱਖ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਸਾਰੂ ਤੇ ਰਚਨਾਤਮਕ ਸੋਚ ਅਪਣਾਉਣ ਦਾ ਸੱਦਾ ਦਿੰਦਿਆਂ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਸਰਕਾਰ ਦੇ ਵਿੱਦਿਅਕ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਰਪੂਰ ਸ਼ਲਾਘਾ ਕੀਤੀ।
——————
Share this content:


