ਵਿਸ਼ੇਸ਼ ਸਰਸਰੀ ਸੁਧਾਈ : ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

0
7

ਜਲੰਧਰ, 20 ਨਵੰਬਰ : ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਐੱਸ.ਆਰ.) ਤਹਿਤ ਵੋਟਰਾਂ ਦੀ ਸਹੂਲਤ ਲਈ 22 ਨਵੰਬਰ 2026 ਅਤੇ 6 ਦਸੰਬਰ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਅਤੇ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਲਈ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖਣ ਦੇ ਨਾਲ-ਨਾਲ ਬੈਠਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਕੈਂਪਾਂ ਸਬੰਧੀ ਜਾਣੂ ਕਰਵਾਉਣ ਲਈ ਕਿਹਾ ਤਾਂ ਜੋ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼) ਰਾਹੀਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰ ਸਕਣ।

ਸ਼੍ਰੀ ਵਾਲੀਆ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦਾ ਸਹੀ ਅਤੇ ਅਪਡੇਟ ਹੋਣਾ ਬੇਹੱਦ ਜ਼ਰੂਰੀ ਹੈ। ਇਸ ਲਈ ਹਰੇਕ ਯੋਗ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਰਹਿੰਦਿਆਂ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਵੇਰਵੇ ਦਰੁੱਸਤ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

Share this content:

LEAVE A REPLY

Please enter your comment!
Please enter your name here