Friday , December 14 2018
Breaking News
Home / Uncategorized / ਜਨਮਦਿਨ ਵਿਸ਼ੇਸ਼: ਇਕ ਮਹਾਨ ਕ੍ਰਾਂਤੀਕਾਰੀ- ਸ਼ਹੀਦ ਭਗਤ ਸਿੰਘ

ਜਨਮਦਿਨ ਵਿਸ਼ੇਸ਼: ਇਕ ਮਹਾਨ ਕ੍ਰਾਂਤੀਕਾਰੀ- ਸ਼ਹੀਦ ਭਗਤ ਸਿੰਘ

ਜਦੋਂ ਸਰਦਾਰ ਭਗਤ ਸਿੰਘ ਵਰਗੇ ਪੁੱੱਤ ਪੈਦਾ ਹੁੰਦੇ ਹਨ ਤਾਂ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਕੌਮ ਅਤੇ ਦੇਸ਼ ਦਾ ਨਾਂ ਇਤਿਹਾਸ ਦੇ ਪੰਨਿਆਂ ‘ਤੇ ਸੁਨਿਹਰੀ ਅੱਖਰਾਂ ‘ਚ ਲਿੱਖ ਜਾਂਦੇ ਹਨ। ਅੱਜ ਸ਼ੁੱਕਰਵਾਰ ਨੂੰ ਸਰਦਾਰ ਭਗਤ ਸਿੰਘ ਦਾ 111 ਜਨਮਦਿਨ ਹੈ। ਸਰਦਾਰ ਭਗਤ ਸਿੰਘ ਦਾ ਜਨਮ ਜੱਟ ਸਿੰਘ ਸੰਧੂ ਪਰਿਵਾਰ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਚੱਕ ਨੰਬਰ 105 ਪਿੰਡ ਬੰਗਾ ਤਹਿਸੀਲ ਜੜਵਾਲਾਂ ਜਿਲਾਂ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਨਵਾਂ ਸ਼ਹਿਰ (ਪੰਜਾਬ) ‘ਚ ਸਥਿਤ ਹੈ। ਨਵਾਸ਼ਹਿਰ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ। ਸਰਦਾਰ ਭਗਤ ਸਿੰਘ ਨੂੰ ਆਜ਼ਾਦੀ ਦੀ ਗੁੜਤੀ ਪਰਿਵਾਰ ਵਲੋਂ ਹੀ ਮਿਲੀ ਸੀ। ਆਪ ਦੇ ਦਾਦਾ ਜੀ ਸਰਦਾਰ ਅਰਜਨ ਸਿੰਘ ਇਕ ਵਾਹੀਕਾਰ ਦੇ ਨਾਲ-ਨਾਲ ਯੂਨਾਨੀ ਹਿੰਮਤ ਦੇ ਮਾਹਿਰ ਸਨ। ਸਰਦਾਰ ਭਗਤ ਸਿੰਘ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ।

ਸਿੱਖਿਆ—ਭਗਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਪ੍ਰਾਈਮਰੀ ਸਕੂਲ ਤੋਂ ਲਈ ਅਤੇ 1916-17 ਈ: ‘ਚ ਡੀ. ਏ. ਵੀ. ਸਕੂਲ ਲਾਹੌਰ ‘ਚ ਦਾਖਲ ਹੋਇਆ। ਇਸ ਸਕੂਲ ਨੂੰ ਅੰਗਰੇਜ਼ਾਂ ਵਲੋਂ ‘ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਿਹਾ ਗਿਆ ਸੀ। ਇਸ ਸਕੂਲ ‘ਚ ਪੜ੍ਹਦਿਆਂ ਹੀ ਉਨ੍ਹਾਂ ਨੇ ਅੰਗਰੇਜ਼ੀ, ਉਰਦੂ ਅਤੇ ਸੰਸਕ੍ਰਿਤੀ ਵਰਗੀਆਂ ਭਾਸ਼ਾਵਾਂ ਸਿੱਖੀਆਂ ਅਤੇ ਉਮਰ ਦੇ ਵੱਖ-ਵੱਖ ਪੜਾਵਾਂ ਦੇ ਮੱਦੇਨਜ਼ਰ ਗੁਰਮੁੱਖੀ, ਹਿੰਦੀ ਅਤੇ ਬੰਗਾਲੀ ਭਾਸ਼ਾਵਾਂ ਵੀ ਗ੍ਰਹਿਣ ਕੀਤੀਆਂ।

ਜਲ੍ਹਿਆਂ ਵਾਲਾ ਬਾਗ—1919 ਈ: ‘ਚ ਜਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਦਾ ਸਰਦਾਰ ਭਗਤ ਸਿੰਘ ਦੇ ਮਨ ਤੇ ਬਹੁਤ ਡੂੰਘਾ ਅਸਰ ਪਿਆ। ਉਹ ਇਸ ਘਟਨਾ ਤੋਂ ਦੂਜੇ ਦਿਨ ਜਲ੍ਹਿਆਂ ਵਾਲੇ ਬਾਗ ਅੰਮ੍ਰਿਤਸਰ ਗਏ ਅਤੇ ਖੂਨ ਨਾਲ ਭਿੱਜੀ ਮਿੱਟੀ ਲੈ ਕੇ ਵਾਪਸ ਆ ਗਏ । ਇਸ ਘਟਨਾ ਨੇ ਉਨ੍ਹਾਂ ਦੇ ਮਨ ‘ਚ ਅੰਗਰੇਜ਼ਾਂ ਦੇ ਪ੍ਰਤੀ ਨਫਰਤ ਭਰ ਦਿੱਤੀ। ਫਰਵਰੀ 1921 ਨੂੰ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਭਗਤ ਸਿੰਘ ਦੇ ਮਨ ਤੇ ਡੂੰਘੀ ਛਾਪ ਛੱਡੀ। ਉਹ ਆਪਣੇ ਪਿੰਡ ‘ਚੋਂ ਲੰਘਦੇ ਜਾਂਦੇ ਅੰਦੋਲਨਕਾਰੀਆਂ ਨੂੰ ਲੰਗਰ ਛਕਾਇਆ ਕਰਦੇ ਸਨ। 1921 ‘ਚ ਭਗਤ ਸਿੰਘ ਨੇ ਆਪਣੀ ਦਸਵੀਂ ਕਲਾਸ ਦੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ ਅਤੇ ਨਾ-ਮਿਲਵਰਤਣ ਲਹਿਰ ‘ਚ ਸਰਗਰਮ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ।

ਸੰਨ 1921-1922 ਈ: ‘ਚ ਲਾਹੌਰ ਵਿਖੇ ਦੇਸ਼ ਭਗਤਾਂ ਦੁਆਰਾ ਨੈਸ਼ਨਲ ਕਾਲਜ ਬਣਾਇਆ ਗਿਆ ਜਿਸ ‘ਚ ਭਗਤ ਸਿੰਘ ਨੂੰ ਇੱਕ ਕਠਿਨ ਪ੍ਰੀਖਿਆ ਪਾਸ ਕਰਕੇ ਕਾਲਜ ਦੇ ਪਹਿਲੇ ਸਾਲ ‘ਚ ਦਾਖਲਾ ਮਿਲ ਗਿਆ। ਇਥੇ ਜੈਦੇਵ ਗੁਪਤਾ ਅਤੇ ਸੁਖਦੇਵ Àਨ੍ਹਾਂ ਦੀ ਕਲਾਸ ‘ਚ ਪੜ੍ਹਦੇ ਸਨ। ਭਗਤ ਸਿੰਘ ਦਾ ਸੁਖਦੇਵ ਨਾਲ ਕਾਲਜ ਦਾ ਇਹ ਸਾਥ ਫਾਂਸੀ ਦੇ ਤਖ਼ਤੇ ਤੱਕ ਗਿਆ। ਅਜਿਹੀ ਦੋਸਤੀ ਸ਼ਾਇਦ ਹੀ ਕਿਸੇ ਨੇ ਅੱਜ ਤੱਕ ਨਿਭਾਈ ਹੋਵੇ। ਕਾਲਜ ‘ਚ ਪੜ੍ਹਾਈ ਦੇ ਦੌਰਾਨ ਉਨ੍ਹਾਂ ਨੇ ਕਾਲਜ ਦੇ ਨੈਸ਼ਨਲ ਨਾਟਕ ਕਲੱਬ ਦੇ ਅੰਤਰਗਤ ਇਨਕਲਾਬੀ ਡਰਾਮੇ ਖੇਡੇ। ਸੋਹਣੀ ਸ਼ਕਲ ਸੂਰਤ ਅਤੇ ਸੁਰੀਲੀ ਅਵਾਜ਼ ਦੀ ਬਦੌਲਤ ਭਗਤ ਸਿੰਘ ਨੇ ਬਹੁਤ ਸਾਰੇ ਨਾਟਕਾਂ ‘ਚ ਨਾਇਕ ਦੀ ਭੂਮਿਕਾ ਨਿਭਾਉਂਦੇ ਹੋਏ ਇਨਕਲਾਬੀ ਗੀਤ ਗਾਏ। ਅੰਗਰੇਜ਼ ਸਰਕਾਰ ਦੁਆਰਾ ਇਸ ਕਲੱਬ ‘ਤੇ ਇਨਕਲਾਬੀ ਨਾਟਕ ਖੇਡਣ ਕਾਰਨ ਪਾਬੰਦੀ ਲਗਾ ਦਿੱਤੀ ਗਈ। 1923 ‘ਚ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਲੇਖ ਮੁਕਾਬਲੇ ‘ਚ ਸਰਦਾਰ ਭਗਤ ਸਿੰਘ ਨੂੰ ਪਹਿਲਾਂ ਇਨਾਮ ਮਿਲਿਆ।

ਵਿਆਹ—1923 ‘ਚ ਹੀ ਘਰਦਿਆਂ ਵਲੋਂ ਵਿਆਹ ਲਈ ਜ਼ੋਰ ਪਾਉਣ ‘ਤੇ ਸਰਦਾਰ ਭਗਤ ਸਿੰਘ ਨੇ ਘਰ ਛੱਡ ਦਿੱਤਾ ਅਤੇ ਕਾਨਪੁਰ ਚਲੇ ਗਏ। ਅਸਲ ‘ਚ ਉਹ ਆਪਣਾ ਵਿਆਹ ਲਾੜੀ ਮੌਤ ਨਾਲ ਕਰਾਉਣਾ ਚਾਹੁੰਦੇ ਸਨ। ਕਾਨਪੁਰ ‘ਚ ਸਰਦਾਰ ਭਗਤ ਸਿੰਘ ਨੇ ਆਪਣਾ ਨਾਮ ਬਲਵੰਤ ਸਿੰਘ ਰੱਖ ਕੇ ਕੁਝ ਦੇਰ ਪ੍ਰਤਾਪ ਪ੍ਰੈੱਸ ‘ਚ ਕੰਮ ਕੀਤਾ। 1925 ‘ਚ ਦਾਦੀ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਵਾਪਸ ਲਾਹੌਰ ਵਿਖੇ ਆਪਣੇ ਪਿੰਡ ਆਉਣਾ ਪਿਆ। ਭਗਤ ਸਿੰਘ ਦੀ ਦਾਦੀ ਭਗਤ ਸਿੰਘ ਨੂੰ ਭਾਗਾਂਵਾਲਾ ਕਹਿ ਕੇ ਬੁਲਾਉਂਦੀ ਸੀ।

ਸਿਰਕੱਢ ਕ੍ਰਾਂਤੀਕਾਰੀ—13 ਮਾਰਚ 1926 ਈ : ਨੂੰ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੇ ਮਿਲ ਕੇ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ, ਜੋ ਕਿ ਇਨਕਲਾਬੀ ਗਤੀਵਿਧੀਆਂ ਲਈ ਇਕ ਖੁੱਲ੍ਹਾ ਮੰਚ ਸੀ। ਇਸ ਸਭਾ ‘ਚ ਭਗਤ ਸਿੰਘ ਨੇ ਜਨਰਲ ਸਕੱਤਰ ਦੀ ਭੂਮਿਕਾ ਨਿਭਾਈ। ਇਸ ਸਭਾ ਦੀ ਪਹਿਲੀ ਕਾਨਫਰੰਸ 11-12-13 ਅਪ੍ਰੈਲ 1928 ਨੂੰ ਹੋਈ। 1927 ‘ਚ ਕਾਕੋਰੀ ਕਾਂਡ ਰੇਲ ਗੱਡੀ ਡਾਕੇ ਦੇ ਸੰਬੰਧ ‘ਚ ਸਰਕਾਦ ਭਗਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਲਾਹੌਰ ‘ਚ ਦੁਸਹਿਰੇ ਮੌਕੇ ਹੋਏ ਬੰਬ ਧਮਾਕੇ ਦਾ ਵੀ ਦੋਸ਼ ਉਨ੍ਹਾਂ ਦੇ ਸਿਰ ‘ਤੇ ਮੜ੍ਹ ਦਿੱਤਾ ਗਿਆ। 60 ਹਜ਼ਾਰ ਰੁਪਏ ਜ਼ਮਾਨਤ ਅਤੇ ਚੰਗੇ ਚਾਲ–ਚਲਣ ਕਾਰਨ ਸਰਦਾਰ ਭਗਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਸਰਦਾਰ ਭਗਤ ਸਿੰਘ ਜਿੱਥੇ ਇਕ ਸਿਰਕੱਢ ਕ੍ਰਾਂਤੀਕਾਰੀ ਸਨ ਉੱਥੇ ਉੱਘੇ ਵਿਦਵਾਨ ਵੀ ਸਨ। ਉਨ੍ਹਾਂ ਨੇ ਇੰਨੀ ਛੋਟੀ ਉਮਰ ‘ਚ ਬਹੁਤ ਵੱਡੀਆਂ ਪੁਲਾਘਾਂ ਭਰੀਆ। ਸਰਦਾਰ ਭਗਤ ਸਿੰਘ ਨੇ ਵਿਦੇਸ਼ੀ ਅਜ਼ਾਦੀ ਘੁਲਾਟੀਆਂ ਦੀਆਂ ਸਵੈ-ਜੀਵਨੀਆਂ ਦਾ ਭਾਰਤੀ ਭਾਸ਼ਾ ‘ਚ ਅਨੁਵਾਦ ਕਰਨ ਦੇ ਨਾਲ-ਨਾਲ ਖੁਦ ਵੀ ਕਿਤਾਬਾਂ ਅਤੇ ਪਰਚੇ ਲਿਖੇ। ਉਸਨੂੰ ਕਿਤਾਬਾਂ ਪੜ੍ਹਨ ਦਾ ਸ਼ੌਕ ਜਾਨੂੰਨੀ ਹੱਦ ਤੱਕ ਸੀ। ਉਹ ਆਪਣੇ ਨਾਲ ਹਰ ਵੇਲੇ ਕਿਤਾਬ ਅਤੇ ਪਿਸਤੌਲ ਰੱਖਦੇ ਸਨ।

ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ—30 ਅਕਤੂਬਰ 1928 ਈ: ਨੂੰ ਸਾਈਮਨ ਕਮਿਸ਼ਨ ਲਾਹੌਰ ਪਹੁੰਚਿਆ। ਇਸ ਕਮਿਸ਼ਨ ਦੇ ਖਿਲਾਫ ਨੌਜਵਾਨ ਭਾਰਤ ਸਭਾ ਨੇ ਜਲੂਸ ਕੱਢਿਆ ਅਤੇ ਸਾਈਮਨ ਕਮਿਸ਼ਨ ਗੋਅ ਬੈਕ ਦੇ ਨਾਅਰੇ ਲਗਾਏ। ਜਿਸ ਜਲੂਸ ‘ਚ ਭਗਤ ਸਿੰਘ ਨੇ ਵੀ ਹਿੱਸਾ ਲਿਆ। ਪੁਲਸ ਦੇ ਰੋਕਣ ਦੇ ਬਾਵਜੂਦ ਜਲੂਸ ਅੱਗੇ ਵਧਦਾ ਗਿਆ ਜਿਸ ਨੂੰ ਰੋਕਣ ਲਈ ਅੰਗਰੇਜ਼ ਹਕੂਮਕ ਨੇ ਲਾਠੀ ਚਾਰਜ ਕੀਤਾ ਜਿਸ ਕਰਕੇ ਲਾਲਾ ਲਾਜਪਤ ਰਾਏ ਦੇ ਸਿਰ ‘ਚ ਗਹਿਰੀ ਸੱਟ ਲੱਗਣ ਕਾਰਨ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਇਨਕਲਾਬੀਆਂ ਨੇ ਇਕ ਯੋਜਨਾ ਬਣਾਈ ਜਿਸ ਦੇ ਅੰਤਰਗਤ ਸਕਾਟ ਨੂੰ ਗੋਲੀ ਮਾਰਨੀ ਸੀ। ਮੌਕੇ ‘ਤੇ ਸਕਾਟ ਦੀ ਥਾਂ ਪੁਲਸ ਮੁੱਖੀ ਜੇ.ਪੀ. ਸਾਂਡਰਸ ਮੋਟਰਸਾਈਕਲ ‘ਤੇ ਦਫਤਰ ਤੋਂ ਬਾਹਰ ਆ ਗਿਆ ਅਤੇ ਕ੍ਰਾਂਤੀਕਾਰੀਆਂ ਦੀ ਗੋਲੀ ਦਾ ਨਿਸ਼ਾਨਾ ਬਣ ਗਿਆ। ਇਸ ਤਰ੍ਹਾਂ ਕ੍ਰਾਂਤੀਕਾਰੀਆਂ ਨੇ ਲਾਲਾ ਜੀ ਦੀ ਮੌਤ ਦਾ ਬਦਲਾ ਲੈ ਲਿਆ।

ਅਸੈਂਬਲੀ ‘ਚ ਨਕਲੀ ਬੰਬ—ਸ਼ਹੀਦ ਭਗਤ ਸਿੰਘ ਖੂਨ-ਖਰਾਬੇ ਦੇ ਬਿਲਕੁੱਲ ਹੱਕ ‘ਚ ਨਹੀਂ ਸਨ। ਉਸਨੇ ਪਬਲਿਕ ਦੀ ਸੁਰੱਖਿਆ ਲਈ ਬਿਲ ਅਤੇ ਟਰੇਡ ਡਿਸਪਿਊਟਸ ਬਿਲ ਦੇ ਖਿਲਾਫ ਅਸੈਂਬਲੀ ‘ਚ ਨਕਲੀ ਬੰਬ ਸੁੱਟ ਕੇ ਅੰਗਰੇਜ਼ੀ ਹਕੂਮਤ ਦਾ ਵਿਰੋਧ ਕਰਨਾ ਚਾਹਿਆ। ਇਸ ਲਈ ਸਰਦਾਰ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ 8 ਅਪ੍ਰੈਲ 1929 ਨੂੰ ਕੇਂਦਰੀ ਅਸੈਂਬਲੀ ਦੇ ਸੈਂਟਰਲ ਹਾਲ ‘ਚ ਖਾਲੀ ਥਾਂ ‘ਤੇ ਨਕਲੀ ਬੰਬ ਸੁੱਟਿਆ ਅਤੇ ਪਰਚੇ ਸੁੱੱਟਦੇ ਹੋਏ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ। ਸਾਰਾ ਹਾਲ ਧੂੰਏਂ ਨਾਲ ਭਰ ਗਿਆ ਉਹ ਚਾਹੁੰਦੇ ਤਾਂ ਉੱਥੋ ਭੱਜ ਸਕਦੇ ਸਨ। ਪਰ ਉਨ੍ਹਾਂ ਨੇ ਆਪਣੀ ਇੱਛਾ ਨਾਲ ਪੁਲਸ ਨੂੰ ਗ੍ਰਿਫਤਾਰੀ ਦਿੱਤੀ। ਜਦੋਂ ਭਗਤ ਸਿੰਘ ਨੂੰ ਨਕਲੀ ਬੰਬ ਸੁੱਟਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਨਹੀਂ ਸੀ ਸਗੋਂ ਸੱੱਤ-ਸਮੁੰਦਰ ਪਾਰ ਬੈਠੀ ਬੋਲ਼ੀ ਸਰਕਾਰ ਦੇ ਕੰਨ ਖੋਲ੍ਹਣਾ ਸੀ। ਇਨਕਬਾਲ ਜ਼ਿੰਦਾਬਾਦ ਦਾ ਨਾਅਰਾ ਪਹਿਲੀ ਵਾਰ ਸ਼ਹੀਦ ਭਗਤ ਸਿੰਘ ਨੇ ਦਿੱਤਾ ਸੀ, ਜੋ ਅੱਗੇ ਚੱਲ ਕੇ ਸਾਰੇ ਦੇਸ਼ ਦਾ ਨਾਅਰਾ ਬਣ ਗਿਆ।

ਫਾਂਸੀ—ਸਰਦਾਰ ਭਗਤ ਸਿੰਘ ਅਤੇ ਬੀ.ਕੇ.ਦੱਤ ਵਿਰੁੱਧ ਚਲਾਨ ਏ.ਡੀ.ਐਮ. ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਨ੍ਹਾਂ ਨੇ ਆਪਣੀ ਕਾਨੂੰਨੀ ਚਾਰਾਜੋਈ ਲਈ ਕੋਈ ਵੀ ਵਕੀਲ ਨਹੀਂ ਕੀਤਾ ਅਤੇ ਆਪਣੀ ਵਕਾਲਤ ਆਪ ਕਰਦੇ ਰਹੇ। 10 ਜੂਨ, 1929 ਨੂੰ ਅਦਾਲਤ ਦੀ

ਸੁਣਵਾਈ ਖਤਮ ਹੋ ਗਈ ਅਤੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ। ਅਸੈਂਬਲੀ ਬੰਬ ਕੇਸ ਦੀ ਸਜ਼ਾ ਤੋਂ ਬਾਅਦ ਸਰਦਾਰ ਭਗਤ ਸਿੰਘ ਨੂੰ ਮੀਆਂਵਾਲੀ ਜੇਲ ਅਤੇ ਬੀ.ਕੇ. ਦੱਤ ਨੂੰ ਕੇਂਦਰੀ ਜੇਲ ਲਾਹੌਰ ‘ਚ ਬੰਦ ਕਰ ਦਿੱਤਾ ਗਿਆ। 25 ਜੂਨ, 1929 ਈ: ਨੂੰ ਭਗਤ ਸਿੰਘ ਨੂੰ ਸਾਂਡਰਸ ਕੇਸ ਦੇ ਮਾਮਲੇ ‘ਚ ਕੇਂਦਰੀ ਜੇਲ ਲਾਹੌਰ ਭੇਜ ਦਿੱਤਾ ਗਿਆ। 10 ਜੁਲਾਈ ਨੂੰ ਸਾਂਡਰਸ ਕੇਸ ਦੀ ਕਾਰਵਾਈ ਸ਼ੁਰੂ ਹੋ ਗਈ। ਇਸ ਕੇਸ ਦੇ ਦੌਰਾਨ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਜੇਲ ਅਧਿਕਾਰੀਆਂ ਵੱਲੋ ਦਿੱਤੇ ਗਏ ਮਾੜੇ ਖਾਣੇ ਅਤੇ ਮਾੜੇ ਵਤੀਰੇ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਭੁੱਖ ਹੜਤਾਲ ਨੂੰ ਖਤਮ ਕਰਨ ਲਈ ਸਰਕਾਰ ਦੁਆਰਾ ਅਨੇਕਾਂ ਯਤਨ ਕੀਤੇ ਗਏ। 63 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਜਤਿਨ ਦਾਸ 13 ਸਤੰਬਰ 1929 ਈ: ਨੂੰ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਿਆ। ਇਹ ਖਬਰ ਜੰਗਲ ਦੀ ਅੱਗ ਵਾਂਗ ਹਰ ਪਾਸੇ ਫੈਲ ਗਈ। ਵਾਰ-ਵਾਰ ਭੁੱਖ ਹੜਤਾਲ ਅਤੇ ਲੰਬੀ ਜੱਦੋ-ਜਹਿਦ ਤੋਂ ਬਾਅਦ ਸਰਕਾਰ ਨੂੰ ਕ੍ਰਾਂਤੀਕਾਰੀਆਂ ਦੀਆਂ ਮੰਗਾਂ ਸਾਹਮਣੇ ਝੁੱਕਣਾ ਪਿਆ।

ਸਾਂਡਰਸ ਕਤਲ ਦੇ ਕੇਸ ਦਾ ਮੁਕੱਦਮਾ 10 ਜੁਲਾਈ 1929 ਈ: ਨੂੰ ਜੇਲ ‘ਚ ਹੀ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ ‘ਚ ਸ਼ੁਰੂ ਕੀਤਾ ਗਿਆ। ਇਸ ਮਾਮਲੇ ‘ਚ 25 ਵਿਅਕਤੀ ਨਾਮਜ਼ਦ ਕੀਤੇ ਗਏ ਸਨ। ਇਨਕਲਾਬੀਆਂ ਨੇ ਇਸ ਮੁਕਦਮੇ ਪ੍ਰਤੀ ਕੋਈ ਖਾਸ ਗੰਭੀਰਤਾ ਨਹੀਂ ਦਿਖਾਈ। ਇੰਝ ਤਰ੍ਹਾਂ ਲੱਗਦਾ ਸੀ ਕਿ ਜਿਵੇਂ ਉਨ੍ਹਾਂ ਦਾ ਮਕਸਦ ਸਿਰਫ ਫਾਂਸੀ ਚੜਨ ਤੱਕ ਹੀ ਸੀਮਿਤ ਸੀ। ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਮਾਮਲੇ ਦੀ ਕਾਰਵਾਈ ਲਈ ਇਕ ਟ੍ਰਿਬਿਊਨਲ ਗਠਿਤ ਕੀਤੀ ਗਈ ਜਿਸ ਦੇ ਤਿੰਨ ਜੱਜ ਮੈਂਬਰ ਸਨ। ਇਸ ਟ੍ਰਿਬਿਊਨਲ ਨੇ 7 ਅਕਤੂਬਰ 1930 ਨੂੰ ਫੈਸਲਾ ਸੁਣਾਉਂਦੇ ਹੋਏ ਭਗਤ ਸਿੰਘ, ਸੁਖਦੇਵ ਥਾਪੜ ਅਤੇ ਸ਼ਿਵਰਾਮ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਸੁਣਾਈ

ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ, 1931 ਮੁਕਰਰ ਕੀਤੀ ਗਈ ਸੀ। ਪਰ ਲੋਕਾਂ ਦੀ ਭੀੜ 23 ਮਾਰਚ ਸਵੇਰ ਤੋਂ ਜੇਲ ਦੀ ਗੇਟ ਦੇ ਬਾਹਰ ਇਕੱਠੀ ਹੋਣ ਲੱਗੀ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇਕ ਕੋਝੀ ਚਾਲ ਚਲਦਿਆਂ 23 ਮਾਰਚ, 1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਿਸ ਕਰਮਚਾਰੀ ਆਏ ਤਾਂ ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਭਗਤ ਸਿੰਘ ਨੇ ਕਿਹਾ ਰੁਕੋ ਇਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨਾਲ ਮੁਲਾਕਾਤ ਕਰ ਰਿਹਾ ਹੈ। ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਿਸ ਕਰਮਚਾਰੀਆਂ ਨਾਲ ਤੁਰ ਪਏ। ਕਿਤਾਬ ਦਾ ਮੁੜਿਆ ਹੋਇਆ ਪੰਨਾਂ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ।

About Ashish Kumar

Check Also

ਸੈਮਸੰਗ ਗਲੈਕਸੀ Note 9 ਭਾਰਤ ‘ਚ ਹੋਇਆ ਲਾਂਚ , ਜਾਣੋ ਕੀਮਤ ਤੇ ਫੀਚਰਸ

ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਨੇ ਆਪਣੇ ਨਵੇਂ ਫਲੈਗਸ਼ਿਪ ਸਮਾਰਟਫੋਨ ਗਲੈਕਸੀ ਨੋਟ 9 ਨੂੰ ਆਖਿਰਕਾਰ ਭਾਰਤ …

WP Facebook Auto Publish Powered By : XYZScripts.com